<p> ਮੋਗਾ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਵਿਰੁੱਧ ਚਲਾਈ ਮੁਹਿੰਮ ਹੇਠ ਅੱਜ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਤਿੰਨ ਨਾਜਾਇਜ਼ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ 8 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਪਿੰਡ ਰਾਊਕੇ ਨਿਵਾਸੀ ਸ਼ਮਿੰਦਰ ਸਿੰਘ ਵਜੋਂ ਹੋਈ ਹੈ। ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ਮਿੰਦਰ ਸਿੰਘ ਦੇ ਕਬੂਲਨਾਮੇ ’ਤੇ ਪੁਲਿਸ ਨੇ ਉਸ ਦੇ ਇੱਕ ਹੋਰ ਸਾਥੀ ਜਸਪ੍ਰੀਤ ਸਿੰਘ ਵਾਸੀ ਪਿੰਡ ਬੱਧਨੀ ਕਲਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਮੌਕੇ ਤੋਂ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਜਸਪ੍ਰੀਤ ਸਿੰਘ ਉੱਤੇ ਪਹਿਲਾਂ ਵੀ ਐਨ.ਡੀ.ਪੀ.ਐੱਸ ਐਕਟ ਹੇਠ ਮਾਮਲਾ ਦਰਜ ਹੈ ਅਤੇ ਉਸ ਦੇ ਨਾਜਾਇਜ਼ ਹਥਿਆਰਾਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨਾਲ ਸਬੰਧ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। </p>