<p>ਮੋਗਾ: ਜ਼ਿਲ੍ਹੇ ਦੇ ਧਰਮਕੋਟ ਹਲਕੇ ਵਿਚ ਪੈਂਦੇ ਪਿੰਡ ਨੂਰਪੁਰ ਤੋਂ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ ਦੀ ਖ਼ਬਰ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਅਤੇ ਮੋਗਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕੀਤੇ ਹਨ। ਮ੍ਰਿਤਕ ਦੀ ਪਛਾਣ 28 ਸਾਲਾ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਬਖ਼ਸ਼ੀਸ਼ ਦੀ ਮੌਤ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੌਕੇ ਦਾ ਜਾਇਜ਼ਾ ਲੈ ਕੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ 3 ਸ਼ੱਕੀ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਡੀ.ਐਸ.ਪੀ. ਰਮਨਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਿੰਨ੍ਹਾਂ ਦਾ ਵੀ ਹੱਥ ਨਸ਼ਾ ਸਪਲਾਈ ’ਚ ਹੋਵੇਗਾ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। </p>