<p>ਫਿਰੋਜ਼ਪੁਰ: ਪਿੰਡ ਲੱਖੋ ਕੇ ਬਹਿਰਾਮ ਵਿਖੇ ਪਿਛਲੇ ਦਿਨੀਂ ਨਸ਼ੇ ਕਾਰਨ ਹੋਈਆਂ 4 ਨੌਜਵਾਨਾਂ ਦੀਆਂ ਮੌਤਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟੀਮ ਦਾ ਗਠਨ ਕਰਕੇ 6 ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ ਗਈ। ਜਿਨ੍ਹਾਂ ਵਿੱਚੋਂ ਚਾਰ ਮੈਡੀਕਲ ਸਟੋਰਾਂ ਤੋਂ ਕਾਫ਼ੀ ਮਾਤਰਾ ਦੇ ਵਿੱਚ ਪ੍ਰਤੀਬੰਧਿਤ ਦਵਾਈਆਂ ਮਿਲਣ ਉਪਰੰਤ ਸੀਲ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਸ਼ੇ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਮੈਡੀਕਲ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਬਾਅਦ ਮੈਡੀਕਲ ਸਟੋਰਾਂ ਉੱਤੇ ਛਾਪੇਮਾਰੀ ਅਤੇ ਸੀਲ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। </p>