<p>ਅੰਮ੍ਰਿਤਸਰ: ਸ਼ਹਿਰ ਦੇ ਭੀੜ ਭੜਕੇ ਵਾਲੇ ਬਜ਼ਾਰ ਕਟਰਾ ਜੈਮਲ ਸਿੰਘ ਵਿੱਚ ਅੱਜ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਮਿੰਟਾਂ ਵਿੱਚ ਬੈਂਕ ਅੰਦਰ ਪਿਆ ਫਰਨੀਚਰ, ਦਸਤਾਵੇਜ਼ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬੈਂਕ ਵਿੱਚ ਉਸ ਸਮੇਂ ਕੋਈ ਕਰਮਚਾਰੀ ਮੌਜੂਦ ਨਹੀਂ ਸੀ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਿਵੇਂ ਹੀ ਇਲਾਕੇ ਦੇ ਲੋਕਾਂ ਨੇ ਧੂੰਆ ਨਿਕਲਦਾ ਵੇਖਿਆ, ਉਨ੍ਹਾਂ ਵੱਲੋਂ ਤੁਰੰਤ ਦਮਕਲ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਦਮਕਲ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇਮਾਰਤ ਦੇ ਪਹਿਲੇ ਮੰਜ਼ਿਲ ਤੋਂ ਸ਼ੁਰੂ ਹੋਈ ਸੀ ਜੋ ਹੌਲੀ-ਹੌਲੀ ਹੋਰ ਹਿੱਸਿਆਂ ਵਿੱਚ ਫੈਲ ਗਈ। ਸਮੇਂ 'ਤੇ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਫਿਲਹਾਲ ਪੁਲਿਸ ਅਤੇ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਮੌਜੂਦ ਹੈ ਅਤੇ ਅੱਗ ਲੱਗਣ ਦੇ ਅਸਲੀ ਕਾਰਨਾਂ ਦੀ ਜਾਂਚ ਜਾਰੀ ਹੈ।</p>
