<p>ਤਰਨ ਤਾਰਨ: ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿਖੇ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਰਵਜੋਤ ਕੌਰ ਗਰੇਵਾਲ ਮੁਤਾਬਿਕ ਵੱਖ-ਵੱਖ ਮਾਮਲਿਆਂ ਵਿੱਚ ਕੁੱਲ੍ਹ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਤਸਕਰਾਂ ਕੋਲੋਂ ਇੱਕ ਕਿੱਲੋ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਇੱਕ ਪਿਸਤੌਲ ਅਤੇ ਡਰੋਨ ਵੀ ਤਸਕਰਾਂ ਕੋਲੋਂ ਬਰਾਮਦ ਹੋਇਆ ਹੈ। ਐੱਸਐੱਸਪੀ ਰਵਜੋਤ ਕੌਰ ਨੇ ਕਿਹਾ ਕਿ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਸਰਹੱਦ ਪਾਰ ਬੈਠੇ ਦੇਸ਼ ਦੇ ਦੁਸ਼ਮਣਾਂ ਨਾਲ ਵੀ ਸਬੰਧ ਸਨ ਅਤੇ ਇਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਪੰਜਾਬ ਵਾਲੇ ਪਾਸੇ ਲਿਆ ਕੇ ਅੱਗੇ ਵੇਚਦੇ ਸਨ। ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। </p>
