<p>ਸ੍ਰੀ ਫਤਿਹਗੜ੍ਹ ਸਾਹਿਬ: ਡੀਸੀ ਦਫ਼ਤਰ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਜ਼ਦੀਕ ਇੱਕ ਕੈਂਟਰ ਦੇ ਟਾਇਰ ਹੇਠ ਆਉਣ ਕਾਰਨ ਕਰੀਬ 55 ਸਾਲਾ ਦਾਦੀ ਅਤੇ ਉਸਦੀ ਕਰੀਬ 13 ਸਾਲਾ ਪੋਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਸਹਿਰ ਦੀ ਰਹਿਣ ਵਾਲੀ ਮਨਜੀਤ ਕੌਰ ਅਤੇ ਉਸ ਦੀ ਪੋਤੀ ਖੁਸ਼ਦੀਪ ਕੌਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ ਦੇ ਬਿਆਨ ਅਨੁਸਾਰ ਉਸਦੀ ਪਤਨੀ ਅਤੇ ਪੋਤੀ ਖੁਸ਼ਦੀਪ ਕੌਰ ਡੀਸੀ ਦਫ਼ਤਰ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਜ਼ਦੀਕ ਕੱਪੜਿਆਂ ਦੀ ਫੜ੍ਹੀ ਲਗਾ ਕੇ ਬੈਠੇ ਸਨ, ਉਦੋਂ ਹੀ ਸਰਹਿੰਦ ਵਾਲੀ ਸਾਈਡ ਤੋਂ ਇੱਕ ਕੈਂਟਰ ਆਇਆ ਅਤੇ ਉਨ੍ਹਾਂ ਦੇ ਉੱਪਰ ਚੜ੍ਹ ਗਿਆ, ਜਿਸ ਕਾਰਨ ਉਸਦੀ ਪਤਨੀ ਅਤੇ ਪੋਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਸਦੀ ਪੋਤੀ ਖੁਸ਼ਦੀਪ ਕੌਰ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਵਿਖੇ 7ਵੀਂ ਜਮਾਤ ਵਿੱਚ ਪੜ੍ਹਦੀ ਸੀ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਰਖਵਾ ਕੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।</p>
