<p>ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਵਿਆਹ-ਪੁਰਬ ਦੇ ਸਬੰਧ ਵਿੱਚ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਹ ਧਾਰਮਿਕ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਵਿਆਹ-ਪੁਰਬ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਨਗਰ ਕੀਰਤਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਪੱਪੀ ਅਤੇ ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਭਗਤੀਮਈ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਤਰੀਕੇ ਨਾਲ ਸਜੀ ਪਾਲਕੀ ਸਾਹਿਬ ਵਿੱਚ ਸ਼ੋਭਾ ਯਾਤਰਾ ਰੂਪ ਵਿੱਚ ਅੱਗੇ ਵਧਾਇਆ ਗਿਆ।</p>
